ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ (Orange alert issued by IMD) ਕੀਤਾ ਗਿਆ ਹੈ। ਤੜਕੇ ਸਵੇਰ ਤੋਂ ਹੀ ਕਈ ਥਾਵਾਂ ‘ਤੇ ਬਾਰਿਸ਼ ਸ਼ੁਰੂ ਹੋ ਗਈ ਹੈ ਅਤੇ ਨਾਲ ਹੀ ਤੇਜ਼ ਹਵਾਵਾਂ ਵੀ ਖੂਬ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਉੱਤਰੀ ਭਾਰਤ ਵਿੱਚ ਠੰਡਾ ਰਹੇਗਾ। ਇਸ ਦੇ ਨਾਲ ਹੀ ਬਾਰਿਸ਼ ਆਮ ਨਾਲੋਂ ਘੱਟ ਹੋ ਸਕਦੀ ਹੈ।
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ।
ਚੰਡੀਗੜ੍ਹ ਸਮੇਤ ਹਰਿਆਣਾ ‘ਚ ਯੈਲੋ ਅਲਰਟ ਜਾਰੀ
ਚੰਡੀਗੜ੍ਹ ਸਮੇਤ ਹਰਿਆਣਾ ਦੇ 13 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਹੈ। ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ, ਹਿਸਾਰ, ਫਤਿਹਾਬਾਦ, ਸਿਰਸਾ ਅਤੇ ਝੱਜਰ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਕੱਲ੍ਹ (1 ਮਾਰਚ) ਅਟਲ ਸੁਰੰਗ ਸਮੇਤ ਰੋਹਤਾਂਗ ਕੇਲੋਂਗ, ਜਿਸਪਾ, ਦਾਰਚਾ, ਕੋਕਸਰ ਅਤੇ ਲਾਹੌਲ ਘਾਟੀ ਵਿੱਚ ਦੋ ਇੰਚ ਤਾਜ਼ਾ ਬਰਫ਼ਬਾਰੀ ਹੋਈ। ਅੱਜ ਵੀ ਹਿਮਾਚਲ ਦੇ ਕਈ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮਾਰਚ ਤੋਂ ਮਈ ਦੇ ਮਹੀਨਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ ਅਤੇ ਪੂਰੇ ਭਾਰਤ ਵਿੱਚ 117 ਫੀਸਦੀ ਜ਼ਿਆਦਾ ਬਾਰਿਸ਼ ਹੋਵੇਗੀ, ਪਰ ਉੱਤਰੀ ਭਾਰਤ ਲਈ ਇਹ ਅਨੁਮਾਨ ਫਿਰ ਦੂਜੇ ਰਾਜਾਂ ਨਾਲੋਂ ਵੱਖਰਾ ਹੈ। ਮੌਸਮ ਵਿਭਾਗ ਮੁਤਾਬਕ ਮਾਰਚ ਮਹੀਨੇ ਉੱਤਰੀ ਭਾਰਤ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਬਾਰਿਸ਼ ਆਮ ਨਾਲੋਂ ਘੱਟ ਹੋਵੇਗੀ।