ਉਨ੍ਹਾਂ ਨੇ ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਸਮੇਤ ਹੋਰਨਾ ਸੂਬਿਆਂ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਜ਼ੁਲਮ ਦੇ ਟਾਕਰੇ ਦੇ ਲਈ 100 ਦਿਨ ਪੂਰੇ ਹੋਣ ’ਤੇ ਰੱਖੇ ਗਏ ਬਾਰਡਰਾਂ ਦੇ ਇਕੱਠ ’ਤੇ ਆਪਣੀ ਹਾਜ਼ਰੀ ਦਰਜ ਕਰਵਾਉਣ..
ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨ ਆਗੂਆਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਕਮੇਟੀ ਵੱਲੋਂ ਸ਼ੰਭੂ ਰੇਲਵੇ ਸਟੇਸ਼ਨ ’ਤੇ ਦਿੱਤਾ ਜਾ ਰਿਹਾ ਰੋਸ ਧਰਨਾ ਜਿੱਥੇ ਅੱਜ ਅੱਠਵੇਂ ਦਿਨ ਵਿੱਚ ਦਾਖਲ ਹੋ ਗਿਆ। ਉੱਥੇ ਨਾਲ ਹੀ ਸੰਭੂ ਬੈਰੀਅਰ ’ਤੇ ਕਿਸਾਨਾਂ ਦਾ ਆਪਣੀਆਂ ਮੰਗਾਂ ਦੇ ਸਬੰਧ ’ਚ ਲੱਗਾ ਹੋਇਆ ਪੱਕਾ ਮੋਰਚਾ ਵੀ ਅੱਜ 71ਵੇਂ ਦਿਨ ’ਚ ਸ਼ਾਮਲ ਹੋ ਚੁੱਕਾ ਹੈ।
ਸ਼ੰਭੂ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਜਿਸ ਵਿੱਚ ਔਰਤਾਂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਾਲ ਮਟੋਲ ਵਰਗੀ ਕਾਰਵਾਈ ’ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਗੱਡੀਆਂ ਦੇ ਚੱਕੇ ਜਾਮ ਕਰ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨੀ ਆਗੂਆਂ ਦੀ ਰਿਹਾਈ ਦੇ ਲਈ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਉੱਥੇ ਉਨ੍ਹਾਂ ਐਲਾਨ ਕੀਤਾ ਕਿ ਦੇਸ਼ ਦੇ ਕਿਸਾਨਾਂ ਦੀਆਂ ਜ਼ਰੂਰੀ ਮੰਗਾਂ ਦੇ ਸਬੰਧ ਵਿੱਚ ਸ਼ੰਭੂ ਬੈਰੀਅਰ, ਖਨੋਰੀ ਅਤੇ ਡੱਬਵਾਲੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ’ਤੇ ਕਿਸਾਨਾਂ ਦਾ ਲੱਖਾਂ ਦਾ ਇਕੱਠ ਕੀਤਾ ਜਾਵੇਗਾ।
ਉਨ੍ਹਾਂ ਨੇ ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਸਮੇਤ ਹੋਰਨਾ ਸੂਬਿਆਂ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਜ਼ੁਲਮ ਦੇ ਟਾਕਰੇ ਦੇ ਲਈ 100 ਦਿਨ ਪੂਰੇ ਹੋਣ ’ਤੇ ਰੱਖੇ ਗਏ ਬਾਰਡਰਾਂ ਦੇ ਇਕੱਠ ’ਤੇ ਆਪਣੀ ਹਾਜ਼ਰੀ ਦਰਜ ਕਰਵਾਉਣ।
ਉਨ੍ਹਾਂ ਕਿਹਾ ਕਿ ਬੀਤੇ ਦਿਨੀ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦੀ ਖੁੱਲੀ ਬਹਿਸ ਨੂੰ ਸਵੀਕਾਰਦੇ ਹੋਏ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਇਕੱਠ ਰੱਖਿਆ ਗਿਆ ਸੀ। ਜਿਸ ਵਿੱਚ ਕੋਈ ਵੀ ਭਾਜਪਾ ਆਗੂ ਦੇ ਨਾ ਪੁੱਜਣ ’ਤੇ ਇਹ ਸਿੱਧ ਹੁੰਦਾ ਹੈ ਕਿ ਭਾਜਪਾ ਆਗੂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਿਕਸਿਤ ਭਾਰਤ ਦਾ ਨਾਹਰਾ ਦੇ ਕੇ ਵਿਕਾਸ ਦੇ ਏਜੰਡੇ ਤੋਂ ਭੱਜ ਰਹੀ ਹੈ। ਪੰਧੇਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਆਪਣੇ ਅਹੁਦੇ ਅਨੁਸਾਰ ਇਨਸਾਫ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਪਹਿਲਾਂ ਖਾਣ ਪੀਣ ਦੇ ਵੈਸ਼ਨੋ ਅਤੇ ਗੈਰ ਵੈਸ਼ਨੂੰ ਮਾਮਲੇ ’ਤੇ ਰੌਲਾ ਪੈਂਦਾ ਰਿਹਾ ਪਰ ਹੁਣ ਹਿੰਦੂ ਅਤੇ ਮੁਸਲਮਾਨ ਭਾਈਚਾਰੇ ਦਾ ਜਾਤ ਦਾ ਏਜੰਡਾ ਫੇਰ ਕੱਢ ਕੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਵਿਕਾਸ ਕੀਤਾ ਹੈ ਤਾਂ ਉਹ ਵਿਕਾਸ ਦੇ ਨਾਂਅ ’ਤੇ ਵੋਟਾਂ ਕਿਉਂ ਨਹੀਂ ਮੰਗ ਰਹੇ? ਜਿਸ ਤੋਂ ਸਾਫ ਜਾਹਰ ਹੁੰਦਾ ਹੈ ਕਿ ਕਿ ਮੋਦੀ ਸਰਕਾਰ ਦਾ ਵਿਕਾਸ ਦਾ ਏਜੰਡਾ ਫੇਲ ਹੋ ਗਿਆ ਹੈ।
ਇਸ ਮੌਕੇ ਕਿਸਾਨ ਆਗੂ ਦਿਲਬਾਗ ਸਿੰਘ ਗਿੱਲ, ਬਲਕਾਰ ਸਿੰਘ ਬੈਂਸ, ਤੇਜਿੰਦਰ ਸਿੰਘ ਲੀਲਾ, ਦਲਜੀਤ ਸਿੰਘ ਚਮਾਰੂ ਤੇ
ਜਸਵੀਰ ਸਿੰਘ ਚੰਦੂਆ ਸਮੇਤ ਹੋਰ ਹਾਜ਼ਰ ਸਨ।