ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕੁੱਲ ਹਿੰਦ ਕਿਸਾਨ ਸਭਾ 1936 , ਕਿਰਤੀ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਦੇ ਸੈਂਕੜੇ ਵਰਕਰਾਂ ਨੇ ਪ੍ਰਨੀਤ ਕੌਰ ਦੀ ਆਮਦ ’ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਲੋਕ ਸਭਾ ਹਲਕਾ ਪਟਿਆਲਾ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਪ੍ਰਨੀਤ ਕੌਰ ਨੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਪਾਤੜਾਂ ਦੇ ਇੱਕ ਪੈਲੇਸ ਵਿਖੇ ਬੂਥ ਪੱਧਰੀ ਪ੍ਰੋਗਰਾਮ ਕੀਤਾ। ਇਸ ਦੌਰਾਨ ਪ੍ਰੋਗਰਾਮ ਵਿੱਚ ਪਹੁੰਚੀ ਪ੍ਰਨੀਤ ਕੌਰ ਸਮੇਤ ਭਾਜਪਾ ਆਗੂਆਂ ਨੂੰ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਧਿਰਾਂ ਵੱਲੋਂ ਦਿੱਤੇ ਸੱਦੇ ਤਹਿਤ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕੁੱਲ ਹਿੰਦ ਕਿਸਾਨ ਸਭਾ 1936 , ਕਿਰਤੀ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਦੇ ਸੈਂਕੜੇ ਵਰਕਰਾਂ ਨੇ ਪ੍ਰਨੀਤ ਕੌਰ ਦੀ ਆਮਦ ’ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਦੋਸ਼ ਸੀ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਪੂਰੀਆਂ ਕਰਨ ਦੀ ਬਜਾਏ ਕਿਸਾਨਾਂ ਦੇ ਜਖਮਾਂ ’ਤੇ ਲੂਣ ਛਿੜਕਣਾ ਸ਼ੁਰੂ ਕੀਤਾ ਹੈ। ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਆਪਣੀ ਗੱਡੀ ਹੇਠ ਕੁਚਲਣ ਵਾਲੇ ਅਜੇ ਮਿਸ਼ਰਾ ਟੈਨੀ ਨੂੰ ਸਜ਼ਾਵਾਂ ਦੇਣ ਦੀ ਬਜਾਏ ਟਿਕਟਾਂ ਦੇ ਕੇ ਨਿਵਾਜਿਆ ਜਾ ਰਿਹਾ ਹੈ।
ਇਸ ਦੌਰਾਨ ਕਿਸਾਨ ਆਗੂ ਕੁਲਵੰਤ ਸਿੰਘ ਮੌਲਵੀਵਾਲਾ, ਸੁਖਦੇਵ ਸਿੰਘ ਹਰਿਆਊ, ਅਮਰੀਕ ਸਿੰਘ ਘੱਗਾ, ਸਾਹਿਬ ਸਿੰਘ ਦੁਤਾਲ, ਗੁਰਵਿੰਦਰ ਸਿੰਘ ਦੇਧਨਾ ਅਤੇ ਮਲਕੀਤ ਸਿੰਘ ਨਿਆਲ ਨੇ ਐਲਾਨ ਕੀਤਾ ਕਿ ਲੋਕ ਸਭਾ ਚੋਣਾਂ ਤੱਕ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਜਪਾ ਉਮੀਦਵਾਰਾਂ ਦਾ ਡਟਵਾਂ ਵਿਰੋਧ ਜਾਰੀ ਰਹੇਗਾ।
ਕਿਸਾਨ ਉਸ ਸਮੇਂ ਪੂਰੇ ਜੋਸ਼ ’ਚ ਆ ਗਏ ਜਦੋਂ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਤਿੱਖੇ ਵਾਰ ਕਰਨ ਵਾਲੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਸਮਾਗਮ ਵਾਲੀ ਥਾਂ ’ਤੇ ਪਹੁੰਚੇ। ਪ੍ਰਨੀਤ ਕੌਰ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਤੋਂ ਅੱਗੇ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਪੈਦਲ ਚੱਲ ਕੇ ਪੈਲੇਸ ’ਚ ਪਹੁੰਚੇ ਜਦੋਂ ਕਿ ਹਰਜੀਤ ਸਿੰਘ ਗਰੇਵਾਲ ਕਾਲੇ ਸ਼ੀਸ਼ਿਆਂ ਵਾਲੀ ਗੱਡੀ ਨੂੰ ਬਿਨਾਂ ਰੋਕ ਕੇ ਭਾਜਪਾ ਦੇ ਪੰਡਾਲ ਵਿੱਚ ਪੁੱਜੇ।
ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਇੱਕ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ। ਕਿਸਾਨ ਆਪਣੀ ਗੱਲ ਕਹਿ ਰਹੇ ਹਨ ਅਤੇ ਉਹ ਆਪਣੀ ਗੱਲ ਕਹਿਣ ਲਈ ਲੋਕਾਂ ਵਿੱਚ ਆਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕਿਸਾਨਾਂ ਦੀ ਦਸ਼ਾ ਤੇ ਦਿਸ਼ਾ ਸੁਧਾਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਉਹ ਸਮੇਂ-ਸਮੇਂ ’ਤੇ ਕਿਸਾਨਾਂ ਦੀ ਆਵਾਜ਼ ਉਠਾਉਂਦੇ ਰਹੇ ਹਨ ਅਤੇ ਅੱਗੇ ਤੋਂ ਵੀ ਅਜਿਹਾ ਕਰਦੇ ਰਹਿਣਗੇ। ਉਨ੍ਹਾਂ ਦਾਅਵਾ ਕੀਤਾ ਕਿ ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਦੌਰਾਨ ਜ਼ਖ਼ਮੀ ਹੋਏ ਇਕੱਲੇ ਇਕੱਲੇ ਕਿਸਾਨ ਦੇ ਘਰ ਜਾ ਕੇ ਉਨ੍ਹਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਭਾਜਪਾ ਹਾਈ ਕਮਾਂਡ ਤੱਕ ਕਿਸਾਨਾਂ ਦੀ ਗੱਲ ਪਹੁੰਚਾਉਣ ਦੇ ਨਾਲ ਨਾਲ ਦਿੱਲੀ ਜੰਮੂ ਕਟੜਾ ਐਕਸਪ੍ਰੈਸ ਵੇ ਨਾਲ ਸੰਬੰਧਿਤ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਵਾਇਆ ਹੈ।
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੇਡਰ ਬੇਸਡ ਪਾਰਟੀ ਹੈ ਅਤੇ ਇਸ ਦੇ ਵਰਕਰ ਵਰ੍ਹਦੀਆਂ ਗੋਲੀਆਂ ਵਿੱਚ ਵੀ ਪਾਰਟੀ ਲਈ ਕੰਮ ਕਰਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਦਾ ਵਿਰੋਧ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਅਕਾਲੀ ਦਲ ਮਿਲ ਕੇ ਕਰਵਾ ਰਿਹਾ ਹੈ। ਮੋਗਾ ਦੇ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਹਰ ਕਮਲ ਨੇ ਸਮਾਗਮ ਨੂੰ ਸੰਬੋਧਨ ਦੌਰਾਨ ਪ੍ਰਨੀਤ ਕੌਰ ਦੀਆਂ ਤਰੀਫਾਂ ਦੇ ਪੁਲ ਬੰਨ੍ਹੇ।